ਚੰਡੀਗੜ੍ਹ, 1 ਸਤੰਬਰ (ਹਿੰ.ਸ.) : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣਾ ਸਟੈਂਡ ਮੁੜ ਸਪੱਸ਼ਟ ਕਰ ਦਿੱਤਾ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ ਅਤੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਉਮੀਦਵਾਰ ਉਤਾਰੇਗੀ। ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਨਾਲ ਭਾਜਪਾ ਆਗੂਆਂ ਦੀ ਪਰਦੇ ਪਿੱਛੇ ਚੱਲ ਰਹੀ ਗੱਲਬਾਤ ਸਬੰਧੀ ਪੁੱਛੇ ਸਵਾਲ ’ਤੇ ਪੂਨੀਆ ਨੇ ਕਿਹਾ ਕਿ ਪਾਰਟੀ ਆਪਣੇ ਦਮ ’ਤੇ ਚੋਣ ਲੜਨ ਦੇ ਫੈਸਲੇ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਿਚਾਲੇ ਸਮੇਂ-ਸਮੇਂ ’ਤੇ ਮੁਲਾਕਾਤਾਂ ਹੁੰਦੀਆਂ ਰਹਿੰਦੀਆਂ ਹਨ, ਪਰ ਹਰ ਮੁਲਾਕਾਤ ਨੂੰ ਗਠਜੋੜ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਭਾਜਪਾ ਵਿੱਚ ਕਥਿਤ ਅਨੁਸ਼ਾਸਨਹੀਣਤਾ ਅਤੇ ਆਗੂਆਂ ਦੀ ਨਾਰਾਜ਼ਗੀ ਬਾਰੇ ਪੂਨੀਆ ਨੇ ਕਿਹਾ ਕਿ ਉਹ ਪੰਜਾਬ ਵਿੱਚ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰੇਕ ਆਗੂ ਅਤੇ ਵਰਕਰ ਲਈ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਰਕਰਾਂ ਲਈ ਵੱਖ-ਵੱਖ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਪੂਨੀਆ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸੰਗਠਨ ਨੂੰ ਹਰ ਪੱਧਰ ’ਤੇ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।