ਮੋਹਾਲੀ, 01 ਸਤੰਬਰ (ਹਿੰ.ਸ.) : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਸਮਾਗਮ ਦੌਰਾਨ ਭਾਈ ਗੁਰਕਾਰਜ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਨਾਲ ਸਬੰਧਤ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ, ਜਦਕਿ ਭਾਈ ਸੰਦੀਪ ਸਿੰਘ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਕਵੀਸ਼ਰੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾਇਆ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਪੂਰਨਤਾ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਕਾ ਅਤੁੱਟ ਲੰਗਰ ਛਕਿਆ।