ਬਠਿੰਡਾ, 06 ਸਤੰਬਰ (ਹਿੰ.ਸ.) : ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਤੇ ਸ਼ਹਿਰਾਂ ਦੀ ਖੇਡ ਪ੍ਰਤਿਭਾ ਨੂੰ ਮੰਚ ਦੇਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਸ਼ਨੀਵਾਰ ਦੇਰ ਸ਼ਮਾ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ਾਨਦਾਰ ਆਗਾਜ਼ ਹੋਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਸੂਬੇ ਭਰ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਗੇ। ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ ਖੇਡਾਂ-ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ-ਵੀ ਸ਼ਾਮਲ ਕੀਤੀਆਂ ਗਈਆਂ ਹਨ। ਪਹਿਲੀ ਵਾਰ ਮੁੰਡਿਆਂ ਅਤੇ ਕੁੜੀਆਂ ਲਈ ਟੈਨਿਸ-ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਰਾਸ਼ਟਰਮੰਡਲ ਖੇਡਾਂ-2026 ਦੇ ਚਾਂਦੀ ਦੇ ਤਗਮਾ ਜੇਤੂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਇਸ ਸੀਜ਼ਨ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਦਿੱਤੇ ਜਾਣਗੇ। ਸੂਬਾ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 10 ਹਜ਼ਾਰ, ਚਾਂਦੀ ਦੇ ਤਗਮਾ ਜੇਤੂ ਨੂੰ 7 ਹਜ਼ਾਰ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 5 ਹਜ਼ਾਰ ਰੁਪਏ ਮਿਲਣਗੇ। 40 ਸਾਲ ਤੱਕ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1744 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੂਬੇ ਵਿੱਚ 3148 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਹੋ ਚੁੱਕਾ ਹੈ। ਇਸ ਤੋਂ ਇਲਾਵਾ 6000 ਜਿੰਮ ਸਥਾਪਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸੀਜ਼ਨਾਂ ਵਿੱਚ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। 2022 ਵਿੱਚ ਪਹਿਲੇ ਸੀਜ਼ਨ ਦੌਰਾਨ 3.50 ਲੱਖ, 2023 ਵਿੱਚ 4 ਲੱਖ ਅਤੇ 2024 ਵਿੱਚ 4.35 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। 2025 ਵਿੱਚ ਹੜ੍ਹਾਂ ਕਾਰਨ ਇਹ ਖੇਡਾਂ ਨਹੀਂ ਕਰਵਾਈਆਂ ਜਾ ਸਕੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੇ ਪਿੰਡਾਂ ਵਿੱਚੋਂ ਖੇਡ ਪ੍ਰਤਿਭਾ ਨੂੰ ਖੋਜ ਕੇ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2036 ਦੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਭਾਰਤ ਲਈ 10 ਤੋਂ ਵੱਧ ਤਗਮੇ ਜਿੱਤਣਗੇ। ਉਦਘਾਟਨੀ ਸਮਾਰੋਹ ਦੌਰਾਨ ਭੰਗੜੇ ਅਤੇ ਗਿੱਧੇ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਨੇ ਵੀ ਆਪਣੀ ਗਾਇਕੀ ਨਾਲ ਸਮਾਰੋਹ ਵਿੱਚ ਰੰਗ ਬੰਨ੍ਹਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੁਰਦਾਸ ਮਾਨ ਨੇ ਸਾਂਝੇ ਤੌਰ ’ਤੇ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੇਡਾਂ ਦੇ ਚੌਥੇ ਸੀਜ਼ਨ ਦੀ ਰਸਮੀ ਸ਼ੁਰੂਆਤ ਕੀਤੀ।
ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ
ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ
ਮੁੱਖ ਖ਼ਬਰਾਂ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5 ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ
ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5 ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ
ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ
ਰਾਸ਼ਟਰੀ ਖੇਡ ਦਿਵਸ 'ਤੇ ਖੇਡ ਮੰਤਰੀ ਨੇ ਦਿੱਤਾ ਤੰਦਰੁਸਤੀ ਦਾ ਸੰਦੇਸ਼
ਇਸਦਾ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਲਈ ਪ੍ਰੇਰਿਤ ਕਰਨਾ ਹੈ
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ ਦਾ ਅੰਮ੍ਰਿਤਸਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ : ਪਲਵੀ ਮਿਸ਼ਰਾ
'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਐਡੀਸ਼ਨ ਦੀ ਸ਼ੁਰੂਆਤ
ਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ