ਚੰਡੀਗੜ੍ਹ, 04 ਸਤੰਬਰ (ਹਿੰ.ਸ.) : ਪੰਜਾਬ ਕਾਂਗਰਸ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ ਨੇ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਡੀਏ ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਅਤੇ ਮੁਲਾਜ਼ਮਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਕਿੰਗਰਾ ਨੇ ਦੱਸਿਆ ਕਿ 8 ਸਤੰਬਰ ਨੂੰ ਸਵੇਰੇ 10:30 ਵਜੇ ਕਾਂਗਰਸੀ ਵਰਕਰ, ਮੁਲਾਜ਼ਮ ਜਥੇਬੰਦੀਆਂ, ਨੌਜਵਾਨ ਅਤੇ ਆਮ ਲੋਕ ਪੰਜਾਬ ਕਾਂਗਰਸ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਕਿੰਗਰਾ ਨੇ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਅਤੇ ਪੁਲਿਸ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਤਕ ਪ੍ਰੋਗਰਾਮ ਦੌਰਾਨ ਇੱਕ ਨੌਜਵਾਨ ਨਾਲ ਕਥਿਤ ਕੁੱਟਮਾਰ ਅਤੇ ਤਸ਼ੱਦਦ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਸ਼ ਸਹੀ ਪਾਏ ਜਾਣ ’ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਆਬਕਾਰੀ ਅਤੇ ਸ਼ਰਾਬ ਨੀਤੀ, ਅਧਿਕਾਰੀਆਂ ਦੇ ਤਬਾਦਲਿਆਂ, ਕਥਿਤ ਫ਼ਾਈਲ ਲੀਕ ਅਤੇ ਰੀਜਨਲ ਟਰਾਂਸਪੋਰਟ ਅਥਾਰਟੀਆਂ ਤੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ਵੀ ਉਠਾਏ। ਉਨ੍ਹਾਂ ਵੱਖ-ਵੱਖ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਕਿੰਗਰਾ ਨੇ ਕਿਹਾ ਕਿ 8 ਸਤੰਬਰ ਦਾ ਪ੍ਰਦਰਸ਼ਨ ਮੁੱਖ ਤੌਰ ’ਤੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਵੇਗਾ। ਕਾਂਗਰਸ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਬਕਾਏ ਦੀ ਤੁਰੰਤ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਯੂਨੀਅਨ ਆਗੂਆਂ ਨੂੰ ਜਾਰੀ ਕਥਿਤ ਦਮਨਕਾਰੀ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਹੈ।