ਸਨੌਰ ਹਲਕੇ ਦੇ ਪਿੰਡਾਂ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਹਲਕਾ ਇੰਚਾਰਜ ਰਣਜੋਧ ਸਿੰਹ ਹਡਾਣਾ ਨੇ ਸਨੌਰ ਹਲਕੇ ਵਿੱਚ ਇੱਕ ਲੰਬਾਈ 106.72 ਕਿਲੋਮੀਟਰ ਦੇ ਪ੍ਰੋਜੈਕਟ ਦੁਆਰਾ ਨਹਿਰੀ ਪਾਣੀ ਕਿਸਾਨਾਂ ਦੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ।

By : True Update, Harmanjot Singh

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਚੰਡੀਗੜ੍ਹ/ਸਨੌਰ/ਦੇਵੀਗੜ੍ਹ,  ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ। ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ। ਨਹਿਰੀ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਅਖ਼ੀਰਲੇ ਖੇਤਾਂ ਤੱਕ ਵੀ ਪੂਰਾ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟੇਗੀ ਅਤੇ ਫ਼ਸਲਾਂ ਦੇ ਝਾੜ ਵਿੱਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਨਹਿਰੀ ਪਾਣੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।