ਅੰਮ੍ਰਿਤਸਰ, (ਹਿੰ.ਸ.) ਅੰਮ੍ਰਿਤਸਰ ਪੁਲਿਸ ਨੇ ਭੈਣੀ ਪਿੰਡ ਨੇੜੇ ਮੰਗਲਵਾਰ ਰਾਤ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਫਿਰੌਤੀ ਮੰਗਣ ਨਾਲ ਜੁੜੇ ਇੱਕ ਮਾਮਲੇ ਵਿੱਚ ਦੋ ਕਥਿਤ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, ਇਸ ਹਮਲੇ ਦੀ ਸਾਜ਼ਿਸ਼ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਰਚੀ ਗਈ ਸੀ। ਪੁਲਿਸ ਅਨੁਸਾਰ ਐਤਵਾਰ ਰਾਤ ਪਿੰਡ ਪੰਡੋਰੀ ਵੜੈਚ ਦੇ ਰਹਿਣ ਵਾਲੇ ਵਿਕਰਮ ਸਿੰਘ ਦੇ ਘਰ 'ਤੇ ਤਿੰਨ ਪੈਟਰੋਲ ਬੰਬ ਸੁੱਟੇ ਗਏ ਸਨ। ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਨੂੰ ਨੁਕਸਾਨ ਪਹੁੰਚਿਆ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।ਕੰਵਲਪ੍ਰੀਤ ਸਿੰਘ ਚਾਹਲ ਐਸਐਸਪੀ ਦਿਹਾਤੀ ਅੰਮ੍ਰਿਤਸਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮਾਮਲੇ ਦੇ ਦੋ ਮੁਲਜ਼ਮ ਮੋਟਰਸਾਈਕਲ 'ਤੇ ਭੈਣੀ ਪਿੰਡ ਤੋਂ ਬਾਓਲੀ ਪਿੰਡ ਵੱਲ ਜਾ ਰਹੇ ਹਨ। ਪੁਲਿਸ ਨੇ ਰਸਤੇ ਵਿੱਚ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਰੁਕਣ ਦੀ ਬਜਾਏ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਗੁਰਲਾਲ ਸਿੰਘ ਦੇ ਪੈਰ ਵਿੱਚ ਗੋਲੀ ਲੱਗੀ, ਜਦਕਿ ਦੂਜੇ ਮੁਲਜ਼ਮ ਕ੍ਰਿਸ਼ਨ ਸਿੰਘ ਨੂੰ ਬਿਨਾਂ ਕਿਸੇ ਸੱਟ ਦੇ ਮੌਕੇ ਤੋਂ ਕਾਬੂ ਕਰ ਲਿਆ ਗਿਆ। ਜ਼ਖ਼ਮੀ ਗੁਰਲਾਲ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਵਿਕਰਮ ਸਿੰਘ ਨੂੰ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਲਈ ਫੋਨ ਕੀਤਾ ਗਿਆ ਸੀ। ਪੁਲਿਸ ਮੁਤਾਬਕ ਪੈਸੇ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਸੀ। ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਪੈਟਰੋਲ ਬੰਬ ਨਾਲ ਕੀਤਾ ਗਿਆ ਹਮਲਾ ਇਸੇ ਧਮਕੀ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੋਸ਼ਿਸ਼ ਸੀ।ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ, ਉਨ੍ਹਾਂ ਦੇ ਹੋਰ ਸਾਥੀਆਂ ਅਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।
ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਮੁਲਜ਼ਮ ਮੁਕਾਬਲੇ ਵਿੱਚ ਕੀਤੇ ਕਾਬੂ ਪੁਲਿਸ 'ਤੇ ਫਾਇਰਿੰਗ ਕਰਨ ਦਾ ਦਾਅਵਾ
ਅੰਮ੍ਰਿਤਸਰ ਪੁਲਿਸ ਨੇ ਭੈਣੀ ਪਿੰਡ ਨੇੜੇ ਮੰਗਲਵਾਰ ਰਾਤ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਫਿਰੌਤੀ ਮੰਗਣ ਨਾਲ ਜੁੜੇ ਇੱਕ ਮਾਮਲੇ ਵਿੱਚ ਦੋ ਕਥਿਤ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।