ਬਰਨਾਲਾ, (ਹਿੰ.ਸ.) ਬਰਨਾਲਾ ਪੁਲਿਸ ਨੇ ਮੰਗਲਵਾਰ ਨੂੰ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਅਨੁਸਾਰ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਬੈਰੀਕੇਡ ਤੋੜਦਿਆਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ ਅਤੇ ਮੌਕੇ ਤੋਂ ਪੰਜ ਖਾਲੀ ਕਾਰਤੂਸ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਏ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੇ ਟੋਲ ਪਲਾਜ਼ਾ ਮਹਲ ਕਲਾਂ ਨੇੜੇ ਵਾਪਰੀ। ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ (ਆਈਪੀਐੱਸ) ਦੇ ਨਿਰਦੇਸ਼ਾਂ 'ਤੇ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀਐੱਸਪੀ ਮਹਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਥਾਣਾ ਮਹਲ ਕਲਾਂ, ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਸਟਾਫ਼ ਦੀ ਸਾਂਝੀ ਟੀਮ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਮਹਲ ਕਲਾਂ ਵੱਲੋਂ ਆ ਰਹੀ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਕਾਰ ਚਾਲਕ ਨੇ ਪੁਲਿਸ ਪਾਰਟੀ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰ ਦਿੱਤੀ ਅਤੇ ਬੈਰੀਕੇਡ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਤਿੰਨ ਰਾਊਂਡ ਫਾਇਰ ਕੀਤੇ ਗਏ। ਕੁਝ ਦੂਰੀ 'ਤੇ ਕਾਰ ਰੁਕਣ ਤੋਂ ਬਾਅਦ ਦੋਵੇਂ ਮੁਲਜ਼ਮ ਖੇਤਾਂ ਵੱਲ ਭੱਜਣ ਲੱਗੇ। ਇਸ ਦੌਰਾਨ ਕਾਰ ਚਾਲਕ ਨੇ ਪੁਲਿਸ 'ਤੇ ਇੱਕ ਹੋਰ ਗੋਲੀ ਚਲਾਈ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸੀ ਵਾਸੀ ਬਖ਼ਤਗੜ੍ਹ (ਹਾਲ ਵਾਸੀ ਮਹਲ ਕਲਾਂ) ਅਤੇ ਗੁਰਸਰਨ ਸਿੰਘ ਉਰਫ਼ ਸਰਨਾ ਵਾਸੀ ਪਿੰਡ ਰੋਤਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਨਾਕਾਬੰਦੀ ਦੌਰਾਨ ਦੋ ਮੁਲਜ਼ਮ ਗ੍ਰਿਫ਼ਤਾਰ
ਬਰਨਾਲਾ ਵਿੱਚ ਪੁਲਿਸ ਮੁਕਾਬਲੇ ਤੋਂ ਬਾਅਦ ਦੋ ਮੁਲਜ਼ਮ ਕਾਬੂ, ਦੋ ਪਿਸਤੌਲਾਂ ਤੇ ਜ਼ਿੰਦਾ ਕਾਰਤੂਸ ਬਰਾਮਦ
ਬਰਨਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਅਨੁਸਾਰ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਕੇ ਬੈਰੀਕੇਡ ਤੋੜਦਿਆਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਮੌਕੇ ਤੇ ਕਾਬੂ ਕਰ ਲਿਆ।