ਫਰੀਦਕੋਟ, 1 ਸਤੰਬਰ (ਹਿੰ.ਸ.) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਦੌਰਾਨ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਬੰਦ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸੋਮਵਾਰ ਰਾਤ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸੂਚਨਾ ਮਿਲਣ ’ਤੇ ਬੀਕੇਯੂ ਸਿੱਧੂਪੁਰ ਦੇ ਆਗੂ ਅਤੇ ਐੱਸਕੇਐੱਮ ਗੈਰ-ਸਿਆਸੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਸਾਥੀਆਂ ਸਮੇਤ ਹਸਪਤਾਲ ਪਹੁੰਚੇ ਅਤੇ ਕਾਕਾ ਸਿੰਘ ਕੋਟੜਾ ਦਾ ਹਾਲ-ਚਾਲ ਜਾਣਿਆ। ਡੱਲੇਵਾਲ ਨੇ ਦੋਸ਼ ਲਾਇਆ ਕਿ ਕੋਟੜਾ ਦੀ ਸਿਹਤ ਪਿਛਲੇ ਤਿੰਨ ਦਿਨਾਂ ਤੋਂ ਖ਼ਰਾਬ ਸੀ, ਪਰ ਉਨ੍ਹਾਂ ਨੂੰ ਹੁਣ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਕਰੀਬ ਪੰਜ ਹੋਰ ਕਿਸਾਨਾਂ ਦੀ ਸਿਹਤ ਵੀ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਰੇ ਬਿਮਾਰ ਕਿਸਾਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ। ਇਸ ਦੌਰਾਨ ਕਾਕਾ ਸਿੰਘ ਕੋਟੜਾ ਨੂੰ ਹੱਥਕੜੀ ਲਗਾਏ ਜਾਣ ’ਤੇ ਵੀ ਡੱਲੇਵਾਲ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਿਸਾਨ ਆਪਣੀ ਮਰਜ਼ੀ ਨਾਲ ਜੇਲ੍ਹ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਹੱਥਕੜੀ ਲਗਾਉਣ ਦੀ ਕੀ ਲੋੜ ਹੈ। ਡੱਲੇਵਾਲ ਨੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਕਿਸਾਨਾਂ ਦੀ ਸਿਹਤ ਅਤੇ ਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ।