‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ

ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Raksha Bandhan, honor money, punjab government,

By : True Update, Harmanjot Singh
ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

ਪਟਿਆਲਾ, 25 ਅਗਸਤ (ਹਿੰ.ਸ.) ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਨੂੰ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਸਿਰਫ਼ ਸ਼ਬਦਾਂ ਰਾਹੀਂ ਨਹੀਂ, ਸਗੋਂ ਠੋਸ ਵਿੱਤੀ ਸਹਾਇਤਾ ਰਾਹੀਂ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ 1 ਅਗਸਤ 2026 ਤੱਕ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਟਰਾਂਸਫਰ ਕੀਤੀ ਜਾ ਚੁੱਕੀ ਹੈ।18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ 28 ਅਗਸਤ ਨੂੰ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਮਾਣ-ਸਤਿਕਾਰ ਦੀਆਂ ਹੱਕਦਾਰ ਹਨ ਅਤੇ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਮਹਿਲਾ ਸਸ਼ਕਤੀਕਰਨ ਲਈ ਜ਼ਰੂਰੀ ਹੈ।  ਮੁੱਖ ਮੰਤਰੀ ਮੁਤਾਬਕ ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾ ਸਕਦੀ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਅਤੇ ਆਰਥਿਕ ਸਹਾਰਾ ਜ਼ਰੂਰ ਦੇਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਹੁਣ ਤੱਕ 1,044 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮਿਲ ਚੁੱਕਾ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਸਿਹਤਮੰਦ, ਸਿੱਖਿਅਤ, ਖੁਸ਼ਹਾਲ ਅਤੇ ਨਸ਼ਾ ਮੁਕਤ ਸੂਬਾ ਬਣਾਉਣਾ ਹੈ।