ਪਟਿਆਲਾ, (ਹਿੰ.ਸ.) ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ਵਿੱਚ ਸਨੌਰ ਸੂਆ ਟੁੱਟਣ ਕਾਰਨ ਕਰੀਬ 100 ਏਕੜ ਵਿੱਚ ਲੱਗੀ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਕਿਸਾਨਾਂ ਨੇ ਨਹਿਰੀ ਵਿਭਾਗ ’ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿਭਾਗ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨਾਂ ਮੁਤਾਬਕ ਸੂਆ ਟੁੱਟਣ ਤੋਂ ਬਾਅਦ ਵੱਡੀ ਮਾਤਰਾ ਵਿੱਚ ਪਾਣੀ ਖੇਤਾਂ ਵਿੱਚ ਦਾਖ਼ਲ ਹੋ ਗਿਆ। ਸੂਚਨਾ ਮਿਲਣ ’ਤੇ ਨਹਿਰੀ ਵਿਭਾਗ ਦੇ ਸਿਰਫ਼ ਦੋ ਬੇਲਦਾਰ ਮੌਕੇ ’ਤੇ ਪਹੁੰਚੇ। ਉਨ੍ਹਾਂ ਵੱਲੋਂ ਮਿੱਟੀ ਨਾਲ ਭਰੀਆਂ ਬੋਰੀਆਂ ਲਗਾ ਕੇ ਪਾਣੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਇਹ ਕੋਸ਼ਿਸ਼ ਨਾਕਾਮ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸੂਏ ਦੀ ਪੱਕੀ ਮੁਰੰਮਤ ਨਹੀਂ ਕੀਤੀ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸੂਆ ਪਹਿਲਾਂ ਵੀ ਦੋ ਵਾਰ ਟੁੱਟ ਚੁੱਕਾ ਹੈ। ਇਸ ਦੇ ਬਾਵਜੂਦ ਨਹਿਰੀ ਵਿਭਾਗ ਵੱਲੋਂ ਇਸ ਦੀ ਸਥਾਈ ਮੁਰੰਮਤ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੂਏ ਦੀ ਮੁਰੰਮਤ ਕਰ ਦਿੱਤੀ ਜਾਂਦੀ ਤਾਂ ਫਸਲ ਦੇ ਹੋਏ ਇਸ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਵਾਰ ਪਾਣੀ ਬੰਦ ਕਰਵਾਇਆ ਗਿਆ ਸੀ। ਹਾਲਾਂਕਿ ਅਧਿਕਾਰੀਆਂ ਦਾ ਦਾਅਵਾ ਹੈ ਕਿ ਰਾਤ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਸੂਏ ਦੇ ਫੱਟੇ ਮੁੜ ਖੋਲ੍ਹ ਦਿੱਤੇ, ਜਿਸ ਕਾਰਨ ਪਾਣੀ ਦੁਬਾਰਾ ਖੇਤਾਂ ਵੱਲ ਵਹਿ ਗਿਆ। ਕਿਸਾਨਾਂ ਨੇ ਵਿਭਾਗ ਦੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਵਿਭਾਗ ਦੀ ਜਾਣਕਾਰੀ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ। ਪ੍ਰਭਾਵਿਤ ਕਿਸਾਨਾਂ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਾਣੀ ਵਿੱਚ ਡੁੱਬ ਕੇ ਖਰਾਬ ਹੋਈ ਝੋਨੇ ਦੀ ਫਸਲ ਦਾ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਸੂਆ ਟੁੱਟਣ ਨਾਲ ਝੋਨੇ ਦੀ ਫਸਲ ਨੂੰ ਹੋਇਆ ਨੁਕਸਾਨ
ਪਟਿਆਲਾ ਦੇ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਨਾਲ 100 ਏਕੜ ਝੋਨੇ ਦੀ ਫਸਲ ਪਾਣੀ ’ਚ ਡੁੱਬੀ
ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ਵਿੱਚ ਸਨੌਰ ਸੂਆ ਟੁੱਟਣ ਤੋਂ ਬਾਅਦ ਵੱਡੀ ਮਾਤਰਾ 'ਚ ਪਾਣੀ ਖੇਤਾਂ ਵਿੱਚ ਦਾਖਲ ਹੋ ਗਿਆ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।
By :
True Update
,
Sukhwinder Kaur
•