ਮੋਹਾਲੀ, 3 ਸਤੰਬਰ (ਹਿੰ.ਸ.) : ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਸੈਕਟਰ-48 ਨੇੜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਧਰਨੇ ਵਿੱਚ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਕਿਸਾਨਾਂ ਦੇ ਸਮਰਥਨ ਵਿੱਚ ਮੋਰਚੇ ’ਤੇ ਪਹੁੰਚੇ। ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਲੰਗਰ ਸੇਵਾ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਲੰਗਰ ਤਿਆਰ ਕਰਨ ਵਾਲੀਆਂ ਔਰਤਾਂ ਦੀ ਸੇਵਾ ਕਰਦਿਆਂ ਉਨ੍ਹਾਂ ਦੇ ਪੈਰ ਦਬਾਏ। ਇਸ ਮੌਕੇ ਮੋਰਚੇ ਵਿੱਚ ਕਿਸਾਨਾਂ ਦੀ ਵੱਡੀ ਗਿਣਤੀ ਮੌਜੂਦ ਰਹੀ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ 70 ਤੋਂ 80 ਫੀਸਦੀ ਅਨਾਜ ਪੈਦਾ ਕਰਨ ਵਾਲਾ ਅੰਨਦਾਤਾ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਹਰ ਵਰਗ ਮੌਜੂਦਾ ਸਰਕਾਰਾਂ ਤੋਂ ਪਰੇਸ਼ਾਨ ਹੈ। ਰਾਜੇਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਅਮਰੀਕਾ ਨਾਲ ਅਜਿਹਾ ਕੋਈ ਸਮਝੌਤਾ ਕੀਤਾ ਜਾਂਦਾ ਹੈ, ਜਿਸ ਨਾਲ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ, ਤਾਂ ਕਿਸਾਨ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦੇ ਨਾਲ-ਨਾਲ ਰੇਲ ਆਵਾਜਾਈ ਵੀ ਰੋਕਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੈਕਟਰ-48 ਨੇੜੇ ਲੱਗਾ ਪੱਕਾ ਮੋਰਚਾ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇੱਥੇ ਆਪਣੀਆਂ ਮੰਗਾਂ ਮਨਵਾਉਣ ਲਈ ਪਹੁੰਚੇ ਹਨ ਅਤੇ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਵਾਪਸ ਜਾਣਗੇ। ਜਗਤਪੁਰਾ ਤੋਂ ਚੰਡੀਗੜ੍ਹ ਦੇ ਸੈਕਟਰ-48 ਵੱਲ ਜਾਣ ਵਾਲੀ ਸੜਕ ਦੇ ਇੱਕ ਪਾਸੇ ਕਿਸਾਨਾਂ ਵੱਲੋਂ ਮੋਰਚਾ ਲਾਇਆ ਗਿਆ ਹੈ, ਜਦਕਿ ਦੂਜੇ ਪਾਸੇ ਆਵਾਜਾਈ ਜਾਰੀ ਹੈ। ਕਿਸਾਨ ਆਗੂਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਟਰੈਕਟਰ-ਟਰਾਲੀਆਂ ਦੀ ਗਿਣਤੀ ਵਧਣ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮਾਨਸਾ ਸਮੇਤ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚੇ ਕਿਸਾਨਾਂ ਵਿੱਚ ਅੰਦੋਲਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਾਨਸਾ ਤੋਂ ਆਏ ਕਿਸਾਨਾਂ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਲੰਬੇ ਸਮੇਂ ਤੱਕ ਮੋਰਚਾ ਲਗਾ ਕੇ ਮੰਗਾਂ ਮਨਵਾਈਆਂ ਜਾ ਸਕਦੀਆਂ ਹਨ ਤਾਂ ਇੱਥੇ ਵੀ ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਵਾਪਸ ਜਾਣਗੇ। ਮੋਰਚੇ ਦੇ ਮੰਚ ਤੋਂ ਕਿਸਾਨ ਆਗੂਆਂ ਨੇ ਧਰਨੇ ਵਿੱਚ ਪਹੁੰਚ ਰਹੇ ਕਿਸਾਨਾਂ ਲਈ ਬਿਜਲੀ, ਪਾਣੀ, ਮੋਬਾਈਲ ਟਾਇਲਟ ਅਤੇ ਰਹਿਣ ਲਈ ਲੋੜੀਂਦੀਆਂ ਸਹੂਲਤਾਂ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੰਦੋਲਨ ਦੌਰਾਨ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਈਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਰੇਸ਼ਮ ਸਿੰਘ ਅਨਮੋਲ ਨੇ ਲੰਗਰ ’ਚ ਕੀਤੀ ਸੇਵਾ
ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਧਰਨੇ ਵਿੱਚ ਪਹੁੰਚ ਰਹੇ ਹਨ
ਟੈਗਸ:
Punjab farmers protest
Chandigarh-Mohali border
Anmol Rasm Singh
agrarian movement
farmer demands
Punjab union leader
Rajewal
agricultural crisis
ਮੁੱਖ ਖ਼ਬਰਾਂ
ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ
ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਅੱਗੇ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਸਬੰਧਤ ਮੁੱਦੇ ਰੱਖੇ
ਲੁਧਿਆਣਾ ਵਿੱਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ, ਮੰਗਾਂ ਨੂੰ ਲੈ ਕੇ ਪ੍ਰਦਰਸ਼ਨ
ਲੁਧਿਆਣਾ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਸੱਦੇ 'ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਬਸਤੀ ਜੋਧਾਵਾਲ ਚੌਕ ਪੁਲ 'ਤੇ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ