ਕੈਂਬਰਿਜ ਇੰਟਰਨੈਸ਼ਨਲ ਸਕੂਲ

ਪਾਇਲ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ

ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ ਦੁੱਧ ਦੇ 40 ਸੈਂਪਲਾਂ ਦੀ ਜਾਂਚ ਕੀਤੀ ਗਈ

By : True Update, Harmanjot Singh
ਪਾਇਲ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ

ਲੁਧਿਆਣਾ, 20 ਅਗਸਤ (ਹਿੰ.ਸ.)  ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਕੈਂਬਰਿਜ ਇੰਟਰਨੈਸ਼ਨਲ ਸਕੂਲ, ਪਾਇਲ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁੱਧ ਦੀ ਮਹੱਤਤਾ, ਸਾਫ਼-ਸੁਥਰੇ ਅਤੇ ਮਿਆਰੀ ਦੁੱਧ ਦੀ ਵਰਤੋਂ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ। ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਵਿਕਲਪਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ ਦੁੱਧ ਦੇ 40 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਵਿੱਚ 25 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ, ਜਦਕਿ 15 ਸੈਂਪਲ ਨਿਰਧਾਰਤ ਮਿਆਰਾਂ ਤੋਂ ਘੱਟ ਪਾਏ ਗਏ। ਹਾਲਾਂਕਿ ਜਾਂਚ ਕੀਤੇ ਗਏ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਮਿਲਿਆ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਸੁਖਵਿੰਦਰ ਸਿੰਘ, ਅਗਮਪ੍ਰੀਤ ਕੌਰ, ਅੰਕਿਤ ਕਪੂਰ ਅਤੇ ਅਨੁਰਾਗਦੀਪ ਕੌਰ ਨੇ ਆਪਣੇ-ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ। ਦਿਲਪ੍ਰੀਤ ਸਿੰਘ, ਬੀ.ਟੈਕ. ਡੇਅਰੀ ਟੈਕਨੋਲੋਜਿਸਟ ਵੱਲੋਂ ਵੀ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅਨੂੰ ਸ਼ਰਮਾ ਨੇ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਸਹਾਇਕ ਹਨ। ਉਨ੍ਹਾਂ ਕੈਰੀਅਰ ਗਾਈਡੈਂਸ ਨੂੰ ਵੀ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ। ਇਸ ਮੌਕੇ ਸਕੂਲ ਇੰਚਾਰਜ ਨੂੰ ਵਿਭਾਗ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵਜੋਂ ਮਿਲਕ ਕੇਕ ਦਿੱਤਾ ਗਿਆ। ਵਿਭਾਗ ਵੱਲੋਂ ਕਰਵਾਏ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।