ਅੰਮ੍ਰਿਤਸਰ, (ਹਿੰ.ਸ.) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇੰਦਰ ਫਾਰਮ ਵਿਖੇ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਹੋਣਹਾਰ ਵਿਦਿਆਰਥੀ ਜੰਡਿਆਲਾ ਗੁਰੂ, ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਹਲਕੇ ਦੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਦਾ ਟੀਚਾ ਰੱਖਿਆ ਸੀ ਅਤੇ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਨਤੀਜਿਆਂ ਵਿੱਚ ਵੀ ਲਗਾਤਾਰ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 175 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ 2024 ਵਿੱਚ 250, 2025 ਵਿੱਚ 452 ਅਤੇ ਇਸ ਸਾਲ 2026 ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਿਰਫ਼ ਜੰਡਿਆਲਾ ਗੁਰੂ ਦੇ ਸਕੂਲ ਆਫ਼ ਐਮੀਨੈਂਸ ਵਿੱਚੋਂ ਹੀ 20 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਖੇਤਰ ਦਾ ਮਾਣ ਵਧਾਇਆ ਹੈ। ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਵਜੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀ.ਜੀ.ਆਈ. 2.0 ਦਰਜਾਬੰਦੀ ਅਨੁਸਾਰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਵਿੱਚ ਸਿਖਰਲੇ ਸਥਾਨ 'ਤੇ ਪਹੁੰਚਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜੰਡਿਆਲਾ ਗੁਰੂ ਵਿੱਚ ਬਣ ਰਿਹਾ ਸਰਕਾਰੀ ਪਾਲੀਟੈਕਨਿਕ ਕਾਲਜ ਅਗਲੇ ਸਾਲ ਤੋਂ ਸ਼ੁਰੂ ਹੋ ਜਾਵੇਗਾ। ਇਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਤਕਨੀਕੀ ਟਰੇਡਾਂ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇਗਾ ਅਤੇ ਉਹ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰ ਸਕਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੇ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਅਤੇ ਨਿਸ਼ਾਨਾ ਮਿੱਥ ਕੇ ਲਗਾਤਾਰ ਮਿਹਨਤ ਕਰਨ ਵਾਲੇ ਹੀ ਮੰਜ਼ਿਲ ਹਾਸਲ ਕਰਦੇ ਹਨ। ਇਸ ਮੌਕੇ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਵੀ ਕੀਤੀ, ਜਿੱਥੇ ਵਿਦਿਆਰਥੀਆਂ ਨੇ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ, ਲੋਕ ਪ੍ਰਤੀਨਿਧੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਵੱਡੀ ਗਿਣਤੀ ਹਾਜ਼ਰ ਰਹੀ।
ਜੰਡਿਆਲਾ ਗੁਰੂ ਦੇ 509 ਹੋਣਹਾਰ ਵਿਦਿਆਰਥੀਆਂ ਦਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਸਨਮਾਨ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ 90% ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਮੁੱਖ ਖ਼ਬਰਾਂ
ਸਰਕਾਰੀ ਸਕੂਲਾਂ ’ਚ 18 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ: ਵੜਿੰਗ
ਸਰਕਾਰੀ ਸਕੂਲਾਂ ਵਿੱਚ ਦਾਖਲਿਆਂ, ਫਰਜ਼ੀ ਦਾਖਲਿਆਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਬੰਧੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ 50 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦਾ ਦਾਅਵਾ<br/>
ਈ.ਟੀ.ਓ. ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ ਕਲਾਸਰੂਮਾਂ ਦਾ ਕੀਤਾ ਉਦਘਾਟਨ
74.80 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਕਲਾਸਰੂਮ ਤੇ ਵਾਸ਼ਰੂਮ ਬਲਾਕ ਦੀ ਕਰਵਾਈ ਉਸਾਰੀ
ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੀਜੇਪੀ ਨੇ ਹੋਰ ਮੰਗਾਂ ਜਲਦੀ ਪੂਰੀਆਂ ਹੋਣ ਦਾ ਭਰੋਸਾ ਜਤਾਇਆ
ਸੀਜੇਪੀ ਨੇ ਐਕਸ 'ਤੇ ਲਿਖਿਆ ਕਿ ਉਨ੍ਹਾਂ ਦੀਆਂ ਤਿੰਨ ਮੰਗਾਂ ਵਿੱਚੋਂ ਇੱਕ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਪੂਰੀ ਕਰ ਲਈ ਗਈ ਹੈ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਹੋਈ ਇੱਕ ਫਾਇਰਿੰਗ ਮਾਮਲੇ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ
ਜੰਡਿਆਲਾ ਗੁਰੂ ਵਿੱਚ ਇੱਕ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਘਟਨਾ ਦੇ 36 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਗ੍ਰਿਫਤਾਰੀ ਦੌਰਾਨ ਮੁਲਜ਼ਮ ਦੀ ਖੱਬੀ ਲੱਤ ਤੇ ਗੋਲੀ ਲੱਗ ਗਈ।