ਅੰਮ੍ਰਿਤਸਰ, (ਹਿੰ.ਸ.) ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀਆਂ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਪ੍ਰਾਜੈਕਟ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿੱਚੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕ ਨਿਰਮਾਣ ਕਾਰਜ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨੂੰ ਤਿੰਨ ਮਹੀਨਿਆਂ ਦੀ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਮਲਕਪੁਰ ਵਿੱਚ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਵਿੱਚ 9.80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਂਗਣਵਾੜੀ ਸੈਂਟਰ, 2 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ, 5 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਪਿੰਡ ਦੀ ਫਿਰਨੀ (ਰਸਤਾ) ਸ਼ਾਮਲ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਂਦਿਆਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਰੌਸ਼ਨੀ ਅਤੇ ਹੋਰ ਲੋਕ ਭਲਾਈ ਨਾਲ ਸਬੰਧਤ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਨਗੇ।ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।
ਪਿੰਡ ਮਲਕਪੁਰ 'ਚ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ
ਪਿੰਡ ਮਲਕਪੁਰ ਵਿਖੇ ਬਣਨਗੀਆਂ ਇੰਟਰਲਾਕਿੰਗ ਸੜਕਾਂ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।